Menu

ਪੰਜਾਬ ਖੇਤੀਬਾੜੀ ਯੂਨੀਵਰਸਿਟੀ
PUNJAB AGRICULTURAL UNIVERSITY

Menu

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪਿੰਡ ਬੀਸਲਾ ਵਿੱਚ ਬਲਾਕ ਪੱਧਰੀ ਸਿਖਲਾਈ ਕੋਰਸ ਲਗਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਿਤੀ 26.11.2025 ਨੂੰ ਪਿੰਡ ਬੀਸਲਾ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਬਲਾਕ ਪੱਧਰੀ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਦੀ ਸ਼ੁਰੂਆਤ ਕਰਦਿਆ ਡਾ. ਪ੍ਰਦੀਪ ਕੁਮਾਰ, ਡਿਪਟੀ ਡਾਇਰੈਕਟਰ ਜੀ ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਵਧਾਨੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਦੱਸਿਆ, ਉਨ੍ਹਾਂ ਕਣਕ ਦੀ ਫ਼ਸਲ ਉੱਤੇ ਪਰਾਲੀ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਅਤੇ ਚੂਹਿਆਂ ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸੇ ਲੜੀ ਵਿੱਚ ਡਾ. ਆਰਤੀ ਵਰਮਾ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਘਰੇਲੂ ਪੌਸ਼ਟਿਕ ਬਗੀਚੀ ਜਿਸ ਵਿੱਚ ਫ਼ਲ ਅਤੇ ਸਬਜ਼ੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਰਸਾਇਣ-ਮੁਕਤ ਸਰਦੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਰਸਾਨੀ ਪ੍ਰਤੀ ਹੋ ਰਹੀਆ ਗਤੀਵਿਧੀਆਂ ਅਤੇ ਸਵੈ-ਰੁਜ਼ਗਾਰ ਬਾਰੇ ਚਾਨਣਾ ਪਾਉਂਦੇ ਹੋਏ ਬੇਲੋੜੀਆਂ ਕੈਮੀਕਲ ਖਾਦਾਂ ਅਤੇ ਕੀੜੇ੍ਹਮਾਰ ਦਵਾਈਆਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਇਸ ਸਿਖਲਾਈ ਕੋਰਸ ਦੌਰਾਨ ਪੀ.ਏ.ਯੂ. ਲੁਧਿਆਣਾ ਵੱਲੋ ਪ੍ਰਕਾਸ਼ਿਤ ਖੇਤੀ ਸਾਹਿਤ ਕਿਸਾਨਾਂ ਨੂੰ ਵੰਡਿਆ ਗਿਆ।