ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਾਰਮ ਉੱਤੇ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੇ ਮਾਡਲ ਸਿਖਲਾਈ ਪਲੇਟਫਾਰਮ ਦਾ ਕਿਸਾਨਾਂ ਨੂੰ ਵਿਦਿਅੱਕ ਦੌਰਾ ਕਰਵਾਇਆ ਗਿਆ। ਇਸ ਵਿਦਿਅੱਕ ਦੌਰੇ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਖੇਤ ਵਿੱਚ ਪਰਾਲੀ ਸੰਭਾਲਣ ਦੀਆਂ ਵੱਖ-ਵੱਖ ਤਕਨੀਕਾਂ, ਉਨ੍ਹਾਂ ਦੇ ਲਾਭ ਅਤੇ ਵਾਤਾਵਰਣ ਸੁਰੱਖਿਆ ਬਾਰੇ ਜਾਣੂ ਕਰਵਾਉਣਾ ਸੀ।
ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਮਿੱਟੀ ਦੀ ਸਿਹਤ ‘ਤੇ ਪੈਣ ਵਾਲੇ ਗੰਭੀਰ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਇਹ ਪ੍ਰਕਿਰਿਆ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਹਵਾ ਪ੍ਰਦੂਸ਼ਣ ਘਟਾਉਣ ਵਿੱਚ ਮਦਦਗਾਰ ਹੈ। ਉਹਨਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਸਿੱਖਿਅਤ ਕਰਨ ਅਤੇ ਉਹਨਾਂ ਦਾ ਮੁਲਾਂਕਣ ਕਰਨ ਲਈ ਪਿਛਲੇ ਤਿੰਨ ਸਾਲਾਂ ਤੋਂ ਸੀ.ਆਰ.ਐਮ. ਸਿਖਲਾਈ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ। ਜਿਸ ਦਾ ਹਰ ਸਾਲ ਸੈਂਕੜੇ ਕਿਸਾਨ ਦੌਰਾ ਕਰਦੇ ਹਨ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਸਿਖਲਾਈ ਪਲੇਟਫਾਰਮ ‘ਤੇ ਅੱਠ ਵੱਖ-ਵੱਖ ਤਰੀਕਿਆਂ ਨਾਲ ਬੀਜੀ ਕਣਕ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਪਲਟਾਊ ਹੱਲ, ਰੋਟਾਵੇਟਰ ਅਤੇ ਮਲਚਿੰਗ ਸਮੇਤ ਪਰਾਲੀ ਖੇਤ ਵਿੱਚ ਸੰਭਾਲਣ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਹਰ ਤਕਨੀਕ ਨਾਲ ਬੀਜੀ ਕਣਕ ਖੇਤ ਵਿੱਚ ਵਿਖਾ ਕੇ ਉਨ੍ਹਾਂ ਦੇ ਲਾਭ ਅਤੇ ਵਰਤੋਂ ਸਮੇਂ ਧਿਆਨ ਰੱਖਣ ਯੋਗ ਨੁਕਤੇ ਵੀ ਦੱਸੇ।
ਡਾ. ਰੁਕਿੰਦਰ ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਨਦੀਨਾਂ ਦੀ ਰੋਕਥਾਮ ਲਈ ਸਿਫ਼ਾਰਸ਼ ਕੀਤੀਆਂ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਛੋਟੇ ਤੱਤਾਂ ਦੀ ਘਾਟ ਪਹਿਚਾਨਣ ਬਾਰੇ ਵੀ ਕਿਸਾਨਾਂ ਨੂੰ ਜਾਣੂੰ ਕੀਤਾ।
ਇਸ ਵਿਦਿਅੱਕ ਦੌਰੇ ਵਿੱਚ ਕੁੱਲ 40 ਕਿਸਾਨਾਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਵੱਖ-ਵੱਖ ਤਕਨੀਕਾਂ ਬਾਰੇ ਆਪਣੀ ਜਾਣਕਾਰੀ ਵਿੱਚ ਅਹਿਮ ਵਾਧਾ ਕੀਤਾ।
