ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਡਾਇਰੈਕਟਰ, ਅਟਾਰੀ, ਜ਼ੋਨ 1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਭਵਾਨੀਗੜ੍ਹ ਦੇ ਪਿੰਡ ਝਨੇੜੀ ਵਿਖੇ ਕਿਸਾਨ ਬੀਬੀਆਂ ਲਈ ਘੱਟ ਵਰਤੀਆਂ ਜਾਣ ਵਾਲੀਆਂ ਲਾਹੇਵੰਦ ਸਬਜ਼ੀਆਂ ਦੀ ਜਾਗਰੂਕਤਾ ਬਾਬਤ ਡਾ. ਮਨਦੀਪ ਸਿੰਘ, ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ (ਸੰਗਰੂਰ) ਦੀ ਯੋਗ ਅਗਵਾਈ ਹੇਠ ਇੱਕ-ਦਿਨਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 30 ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਘੱਟ ਵਰਤੀਆਂ ਜਾਣ ਵਾਲੀਆਂ ਪਰ ਲਾਹੇਵੰਦ ਪੱਤੇਦਾਰ ਸਬਜ਼ੀਆਂ ਅਤੇ ਫ਼ਲਾਂ ਦੀ ਵਰਤੋਂ ‘ਤੇ ਜ਼ੋਰ ਦੇਣਾ ਸੀ।
ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਕਿ ਸੁਹੰਝਣਾ, ਅਮਰੰਥ, ਆਂਵਲਾ, ਕਰੋਂਦਾ, ਫਾਲਸਾ ਆਦਿ ਅਜਿਹੇ ਫ਼ਲ ਅਤੇ ਸਬਜ਼ੀਆਂ ਹਨ ਜਿਨ੍ਹਾਂ ਦੀ ਵਰਤੋਂ ਅਸੀਂ ਬਹੁਤ ਘੱਟ ਕਰਦੇ ਹਾਂ। ਪਰ ਇਨਾਂ ਤੋਂ ਅਸੀਂ ਕਾਫ਼ੀ ਮਾਤਰਾ ਵਿੱਚ ਰੋਜ਼ਮਰ੍ਹਾ ਦੀ ਜ਼ਰੂਰਤ ਦੇ ਸੰਤੁਲਿਤ ਪੌਸ਼ਟਿਕ ਤੱਤ ਪ੍ਰਾਪਤ ਕਰ ਸਕਦੇ ਹਾਂ। ਜਿਸ ਨਾਲ ਕੁਪੋਸ਼ਣ, ਅਨੀਮੀਆ ਅਤੇ ਜੀਵਨ ਸ਼ੈਲੀ ਨਾਲ ਸਬੰਧਤ ਵਿਕਾਰਾਂ ਤੋਂ ਬਚਿਆ ਜਾ ਸਕਦਾ ਹੈ।
ਇਸ ਸਬੰਧੀ ਜਾਗਰੂਕ ਕਰਨ ਲਈ ਘੱਟ ਵਰਤੀਆਂ ਜਾਣ ਵਾਲੀਆਂ ਸਬਜ਼ੀਆਂ ਅਤੇ ਫ਼ਲਾਂ ਦੇ ਬੂਟੇ ਵੀ ਤਕਸੀਮ ਕੀਤੇ ਗਏ।
ਇਸ ਮੌਕੇ ਮੈਡਮ ਅਮਰਪ੍ਰੀਤ ਕੌਰ, ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ੀਅਨ), ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
